ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਐਕਸ਼ਨ ਮੋਡ ’ਚ; ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਉੱਚ ਪੱਧਰੀ ਮੀਟਿੰਗ
ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ ਹਾਟਸਪਾਟ ਇਲਾਕਿਆਂ ’ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਹੋਣਗੀਆਂ ਤੇਜ਼ - ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।
News Varta Editorial Staff•Digital Edition
SHARE THIS STORY


ਮਾਲੇਰਕੋਟਲਾ, 13 ਅਕਤੂਬਰ ( ਸੂਤਰ )
ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ, ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਨਿਗਰਾਨੀ ਵਧਾਉਣ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 7 ਹਾਟਸਪਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਦੀ ਨਿਗਰਾਨੀ ਲਈ ਸਬੰਧਤ ਐਸ.ਡੀ.ਐਮਜ਼ ਨੂੰ ਸਮੁੱਚੇ ਇੰਚਾਰਜ ਅਤੇ 7 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਾਰਜ ਯੋਜਨਾ ਦੀ ਨਿਯਮਤ ਸਮੀਖਿਆ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਵਰਤੇ ਜਾਣ ਵਾਲੇ ਸੁੰਨਸਾਨ ਸਥਾਨਾਂ, ਖਾਲੀ ਇਮਾਰਤਾਂ, ਨਹਿਰਾਂ ਅਤੇ ਰਜਵਾਹਿਆਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਪ੍ਰਬੰਧ ਕੀਤੇ ਜਾਣ। ਇਸ ਸਬੰਧੀ ਸਿਹਤ ਵਿਭਾਗ, ਨਗਰ ਕੌਂਸਲਾਂ, ਪੰਚਾਇਤੀ ਰਾਜ ਸੰਸਥਾਵਾਂ, ਨਹਿਰੀ ਅਤੇ ਜਲ ਸਪਲਾਈ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਦੇ 30 ਬਿਸਤਰਿਆਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇਗੀ। ਮਰੀਜ਼ਾਂ ਦੇ ਦਾਖ਼ਲੇ ਵਧਾਉਣ ਅਤੇ ਮਨੋਰੋਗ ਮਾਹਿਰ ਦੀ ਗੈਰਹਾਜ਼ਰੀ ਦੌਰਾਨ ਬਦਲਵੇਂ ਪ੍ਰਬੰਧ ਕਰਨ ਦੀ ਤਜਵੀਜ਼ ’ਤੇ ਵੀ ਵਿਚਾਰ ਕੀਤਾ ਗਿਆ।
ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਤੇਜ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਹੁਨਰ ਵਿਕਾਸ ਸਿਖਲਾਈ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੇ ਯਤਨ ਵੀ ਕੀਤੇ ਜਾਣਗੇ। ਮੀਟਿੰਗ ਦੌਰਾਨ ਸਕੂਲਾਂ-ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਅਤੇ ਰੈਲੀਆਂ ਕਰਵਾਉਣ ਸਮੇਤ ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ ਦਾ ਸਹਿਯੋਗ ਲੈਣ ’ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਤੇ ਰਿੰਪੀ ਗਰਗ, ਐਸ.ਡੀ.ਐਮ. ਕਨੂ ਗਰਗ, ਐਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐਸ.ਪੀਜ਼ ਮਾਨਵਜੀਤ ਸਿੰਘ ਸਿੱਧੂ, ਯਾਦਵਿੰਦਰ ਸਿੰਘ, ਦੀਪਇੰਦਰ ਸਿੰਘ ਜੈਜੀ, ਸੁਮੀਤ ਸੂਦ, ਸੰਜੀਵ ਕਪੂਰ ਅਤੇ ਇੰਦਰਪਾਲ ਚੌਹਾਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਨਿਸ਼ਾਰ ਅਹਿਮਦ, ਹਲਕਾ ਮਾਲੇਰਕੋਟਲਾ ਕੋਆਰਡੀਨੇਟਰ ਸਿੰਗਾਰਾ ਸਿੰਘ ਰੁੜਕਾ ਅਤੇ ਹਲਕਾ ਅਮਰਗੜ੍ਹ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬਿੱਟੂ ਭਨਭੋਰਾ ਤੋਂ ਇਲਾਵਾ ਹੋਰ ਅਧਿਕਾਰੀ ਵਰਚੂਅਲ ਮਾਧਿਅਮ ਰਾਹੀਂ ਸ਼ਾਮਲ ਹੋਏ।

